Tuesday, October 17, 2023

ਨਹਿਰ ਬੰਦੀ ਅਪਡੇਟ

 ਕੰਕਰੀਟ ਲਾਈਨਿੰਗ ਦੇ ਕੰਮ ਲਈ 15 ਦਸਬੰਰ ਤੋਂ 31 ਜਨਵਰੀ ਤੱਕ ਨਹਿਰੀ ਪਾਣੀ ਦੀ ਸਪਲਾਈ ਹੋਵੇਗੀ ਬੰਦ



ਫਿਰੋਜ਼ਪੁਰ 17 ਅਕਤੂਬਰ (         ) ਕਾਰਜਕਾਰੀ ਇੰਜੀਨੀਅਰ ਫਾਜ਼ਿਲਕਾ ਨਹਿਰ ਅਤੇ ਗਰਾਊਂਡ ਵਾਟਰ ਜਲ ਸਰੋਤ ਵਿਭਾਗ ਫਿਰੋਜ਼ਪੁਰ ਸ੍ਰੀ ਵਿਨੋਦ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਫਿਰੋਜਪੁਰ ਅਧੀਨ ਆਉਂਦੀਆਂ ਨਹਿਰਾਂ ਜਲਾਲਾਬਾਦ ਬਰਾਂਚ, ਸੋਢੀਵਾਲਾ ਡਿਸਟ੍ਰੀ., ਬਹਾਦਰ ਕੇ ਡਿਸ੍ਰਟੀ, ਮਹਿਮਾ ਮਾਈਨਰ, ਪਿੰਡ ਮਾਈਨਰ, ਮਾਛੀਵਾੜਾ ਮਾਈਨਰ, ਖੁੰਦਰ ਮਾਈਨਰ,  ਵਾਦੀਕੋ ਮਾਈਨਰ ਦੀ ਕੰਕਰੀਟ ਲਾਈਨਿੰਗ ਦਾ ਕੰਮ ਨਵੰਬਰ-ਦਸੰਬਰ 2023 ਦੀ ਬੰਦੀ ਦੌਰਾਨ ਕਰਵਾਇਆ ਜਾਣਾ ਹੈ।   


                ਉਨ੍ਹਾਂ ਦੱਸਿਆ ਕਿ ਉਕਤ ਸਬੰਧੀ ਰਾਜਬਾਹਿਆ/ਮਾਈਨਰ ਵਿੱਚ ਨਹਿਰੀ ਪਾਣੀ ਦੀ ਸਪਲਾਈ ਨੂੰ 15 ਦਸਬੰਰ 2023 ਤੋ 31 ਜਨਵਰੀ 2024 ਤੱਕ ਬੰਦ ਰੱਖਣ ਦਾ ਫੈਂਸਲਾ ਕੀਤਾ ਗਿਆ ਹੈ।

Sunday, October 15, 2023

ਸਾਵਧਾਨ! ਪਰਾਲੀ ਦੀ ਅੱਗ ਕਿਤੇ ਨੰਬਰਦਾਰੀ ਨਾ ਸਾੜ ਦੇ

 ਪਰਾਲੀ ਨੂੰ ਅੱਗ ਲਗਾਉਣ ਵਾਲੇ ਨੰਬਰਦਾਰ ਅਹੁਦੇ ਤੋਂ ਹੋਣਗੇ ਮੁਅੱਤਲ-ਡਿਪਟੀ ਕਮਿਸ਼ਨਰ

ਫਾਜ਼ਿਲਕਾ 16 ਅਕਤੂਬਰ 2023….

ਹਰ ਸਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਜ਼ਿਲਾ ਪ੍ਰਸਾਸ਼ਨ ਨੇ ਇਸ ਵਾਰ ਸਖ਼ਤ ਰੁਖ਼ ਅਖਤਿਆਰ ਕਰਨ ਦਾ ਫੈਸਲਾ ਕੀਤਾ ਹੈ ਤੇ ਇਸ ਵਾਰ ਜੇਕਰ ਕੋਈ ਨੰਬਰਦਾਰ ਖੁਦ ਆਪਣੇ ਖੇਤ ਨੂੰ ਅੱਗ ਲਗਾਏਗਾ ਤਾਂ ਉਸਦੀ ਨੰਬਰਦਾਰੀ ਵੀ ਜਾ ਸਕਦੀ ਹੈ। 


ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਨੇ ਸਪੱਸ਼ਟ ਕੀਤਾ ਕਿ ਪ੍ਰਸਾਸ਼ਨ ਦੀ ਮਨਾਹੀ ਦੇ ਬਾਵਜੂਦ ਜੋ ਵੀ ਵਿਅਕਤੀ ਪਰਾਲੀ ਨੂੰ ਅੱਗ ਲਗਾਵੇਗਾ ਚਾਹੇ ਉਹ ਨੰਬਰਦਾਰ ਜਾਂ ਕਿਸਾਨ ਹੋਵੇ। ਜੇਕਰ ਨੰਬਰਦਾਰ ਆਪਣੇ ਖੇਤ ਵਿੱਚ ਪਰਾਲੀ ਨੂੰ ਅੱਗ ਲਗਾਵੇਗਾ ਤਾਂ ਉਸਨੂੰ ਨੰਬਰਦਾਰੀ ਦੇ ਅਹੁਦੇ ਤੋਂ ਮੁਅੱਤਲ ਕੀਤਾ ਜਾਵੇਗਾ ਤੇ ਜੇਕਰ ਕੋਈ ਕਿਸਾਨ ਆਪਣੇ ਖੇਤ ਵਿੱਚ ਪਰਾਲੀ Stubble Burning ਨੂੰ ਅੱਗ ਲਗਾਵੇਗਾ ਤਾਂ ਉਸਦਾ ਵੀ ਅਸਲਾ ਲਾਇਸੰਸ ਰੱਦ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਰਾਲੀ ਸਾੜਨ ਵਾਲਿਆਂ ਖਿਲਾਫ ਸਖ਼ਤ ਵਿਭਾਗੀ ਕਾਰਵਾਈ ਵੀ ਕੀਤੀ ਜਾਵੇਗੀ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਪਰਾਲੀ ਦੇ ਪ੍ਰਬੰਧਨ ਲਈ ਲੋੜੀਂਦੀ ਗਿਣਤੀ ਵਿੱਚ ਮਸ਼ੀਨਰੀ ਉਪਲਬਧ ਹੈ। ਇਸ ਮਸ਼ੀਨਰੀ ਦੀ ਜਾਣਕਾਰੀ ਆਈ ਖੇਤ ਐਪ ਉੱਤੇ ਅਪਲੋਡ ਕੀਤੀ ਗਈ ਹੈ। ਕਿਸਾਨਾਂ ਨੂੰ ਇਸ ਮਸ਼ੀਨਰੀ ਦਾ ਭਰਪੂਰ ਲਾਭ ਲੈਣਾ ਚਾਹੀਦਾ ਹੈ। ਉਹਨਾਂ ਕਿਸਾਨਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਆਧੁਨਿਕ ਮਸ਼ੀਨਾਂ ਦੀ ਵਰਤੋਂ ਕਰਕੇ ਜਮੀਨ ਵਿੱਚ ਹੀ ਵਾਹੁਣ ਅਜਿਹਾ ਕਰਨ ਨਾਲ ਜਮੀਨ ਦੀ ਉਪਜਾਊ ਸਕਤੀ ਵਧੇਗੀ ਤੇ ਅਗਲੀ ਫਸਲ ਦਾ ਝਾੜ ਵਧੇਗਾ।

ਇਸ ਐਪ ਤੋਂ ਮਿਲਣਗੀਆਂ ਪਰਾਲੀ ਸੰਭਾਲ ਲਈ ਮਸ਼ੀਨਾਂ

 ਪੰਜਾਬ ਸਰਕਾਰ Punjab Government ਵੱਲੋਂ ਜਿੱਥੇ ਕਿਸਾਨਾਂ, ਕਿਸਾਨ ਸਮੂਹਾਂ ਅਤੇ ਸਹਿਕਾਰੀ ਸਭਾਵਾਂ ਨੂੰ ਪਰਾਲੀ ਬਿਨਾਂ ਸਾੜੇ ਖੇਤਾਂ ਵਿਚ ਮਿਲਾਉਣ ਜਾਂ ਸਾਂਭਣ ਲਈ ਸਬਸਿਡੀ 'ਤੇ ਨਵੇਂ ਸੰਦ ਦਿੱਤੇ ਜਾ ਰਹੇ ਹਨ, ਉਥੇ ਅਜਿਹੀ ਮਸ਼ੀਨਰੀ ਕਿਰਾਏ 'ਤੇ ਲੈਣ ਲਈ 'ਆਈ ਖੇਤ ਮਸ਼ੀਨ' ਮੋਬਾਈਲ ਐਪ ਵੀ ਲਾਂਚ ਕੀਤਾ ਗਿਆ ਹੈ, ਜਿਸ ਵਿਚ ਹਰੇਕ ਇਲਾਕੇ ਵਿਚ ਕਿਰਾਏ 'ਤੇ ਮੌਜੂਦ ਮਸ਼ੀਨਰੀ ਦਾ ਵੇਰਵਾ ਅਤੇ ਸੰਪਰਕ ਨੰਬਰ ਦਿੱਤੇ ਗਏ ਹਨ, ਤਾਂ ਜੋ ਕਿਸਾਨ ਕਿਰਾਏ 'ਤੇ ਇਹ ਸੰਦ ਲੈ ਕੇ ਆਪਣੇ ਖੇਤ ਦੀ ਪਰਾਲੀ ਅਸਾਨੀ ਨਾਲ ਸਾਂਭ ਸਕੇ। 


           ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ Senu Duggal ਆਈ.ਏ.ਐੱਸ ਨੇ ਦੱਸਿਆ ਕਿ ਇਹ ਐਪ i-khet ਲਾਂਚ ਕਰਨ ਦਾ ਮਕਸਦ ਪਰਾਲੀ ਦੀ ਸਾਂਭ-ਸੰਭਾਲ Stubble Management ਲਈ ਕਿਸਾਨਾਂ ਨੂੰ ਸਮੇਂ ਸਿਰ ਮਸ਼ੀਨ ਉਪਲਬਧ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਜੋ ਕਿਸਾਨ ਸੁਪਰ ਸੀਡਰ Super seederਹੈਪੀ ਸੀਡਰਮਲਚਰਆਰ.ਐਮ.ਬੀ ਪਲਾੳਪੈਡੀ ਸਟਰਾਅ ਚੌਪਰ ਸ਼ਰੈਡਰਬੇਲਰ ਅਤੇ ਰੇਕਰ ਜਿਹੀਆਂ ਨਵੀਂ ਤਕਨੀਕੀ ਮਸ਼ੀਨਾਂ ਦੀ ਖ਼ਰੀਦ ਨਹੀਂ ਕਰ ਸਕਦੇਉਹ ਇਸ ਐਪ ਦੀ ਮਦਦ ਨਾਲ ਆਪਣੇ ਨਜ਼ਦੀਕ ਪੈਂਦੇ ਨਿੱਜੀ ਕਿਸਾਨਕਿਸਾਨ ਗਰੁੱਪਸਹਿਕਾਰੀ ਸਭਾਵਾਂ ਕੋਲ ਕਿਹੜੀ ਮਸ਼ੀਨਰੀ ਉਪਲੱਬਧ ਹੈ ਬਾਰੇ ਪਤਾ ਕਰ ਸਕਦੇ ਹਨ ਅਤੇ ਇਨ੍ਹਾਂ ਮਸ਼ੀਨਾਂ ਨੂੰ ਕਿਰਾਏ ਤੇ ਲੈਣ ਲਈ ਸਬੰਧਤ ਕੰਪਨੀਆਂ ਜਾਂ ਲੋਕਾਂ ਨਾਲ ਤਾਲਮੇਲ ਕਰ ਸਕਦੇ ਹਨ।

            ਮੁੱਖ ਖੇਤੀਬਾੜੀ ਅਫਸਰ ਸ. ਗੁਰਮੀਤ ਸਿੰਘ ਚੀਮਾ ਨੇ ਦੱਸਿਆ ਕਿ ਇਹ ਮੋਬਾਇਲ ਐਪਲੀਕੇਸ਼ਨ ਗੂਗਲ ਪਲੇਅ ਸਟੋਰ ਤੇ i-Khet Punjab ਭਰਕੇ ਮੁਫਤ ਡਾਉਨਲੋਡ ਕੀਤੀ ਜਾ ਸਕਦੀ ਹੈ। ਇਸ ਉਪਰੰਤ ਉਹ i-Khet Punjab ਨੂੰ ਓਪਨ ਕਰਕੇ ਕਿਸਾਨ ਆਪਣਾ ਮੋਬਾਇਲ ਨੰਬਰ ਭਰਕੇ (otp) ਓਟੀਪੀ ਪ੍ਰਾਪਤ ਕਰਕੇ ਉਪਰੰਤ ਆਪਣਾ ਨਾਮ, ਆਧਾਰ ਨੰਬਰ, ਪਿਤਾ ਦਾ ਨਾਮ ਤੇ ਕਿਸਾਨ ਦੀ ਸ਼੍ਰੇਣੀ (ਜਮੀਨ ਦਾ ਵੇਰਵਾ) ਭਰਕੇ ਰਜਿਸਟਰ ਹੋਵੇਗਾ ਤੇ ਰਜਿਸਟਰ ਹੋਣ ਉਪਰੰਤ ਐਪ ਕਿਸਾਨ ਦੀ ਸਥਿਤੀ ਦਾ ਅੰਦਾਜਾ ਲਗਾ ਕੇ ਉਸਦੇ ਆਸਪਾਸ ਦੇ 10-15 ਕਿਲੋਮੀਟਰ ਦੇ ਘੇਰੇ ਵਿਚ ਕਿਰਾਏ 'ਤੇ ਦੇਣ ਲਈ ਉਪਲਬੱਧ ਸੰਦਾਂ ਦੀ ਸੂਚਨਾ ਮੁਹਈਆ ਕਰਵਾਉਂਦੀ ਹੈ। ਉਨ੍ਹਾਂ ਦੱਸਿਆ ਕਿ ਜੇ ਕੋਈ ਕਿਸਾਨ ਆਪਣੀ ਮਸ਼ੀਨਰਾਂ ਕਿਰਾਏ ਤੇ ਦੇਣਾ ਚਾਹੁੰਦਾ ਹੈ ਤਾਂ ਉਹ ਐਪ ਤੇ ਰਜਿਸਟਰਡ ਕਰ ਕੇ ਅਜਿਹਾ ਕਰ ਸਕਦਾ ਹੈ। ਇਸ ਤਰ੍ਹਾਂ ਕਿਸਾਨ ਆਪਣੀ ਆਮਦਨ ਹੋਰ ਵਧਾ ਸਕਦੇ ਹਨ। ਉਨਾਂ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਮੋਬਾਇਲ ਐਪ ਦਾ ਲਾਭ ਲੈਣ ਦਾ ਸੱਦਾ ਦਿੰਦਿਆ ਕਿਹਾ ਕਿ ਪਰਾਲੀਜੋ ਕਿ ਲੰਮੇ ਸਮੇਂ ਤੱਕ ਖੇਤ ਨੂੰ ਉਪਜਾਊ ਕਰ ਸਕਣ ਵਾਲੀ ਜੈਵਿਕ ਖਾਦ ਹੈਨੂੰ ਅੱਗ ਨਾ ਲਗਾਈ ਜਾਵੇ ਅਤੇ ਇਸ ਦੀਆਂ ਗੰਢਾਂ ਬਣਾ ਕੇ ਇਸ ਨੂੰ ਬਾਹਰ ਕੱਢ ਦਿੱਤਾ ਜਾਵੇ ਜਾਂ ਖੇਤ ਵਿਚ ਖਿਲਾਰ ਕੇ ਹੈਪੀਸੀਡਰ ਨਾਲ ਕਣਕ ਦੀ ਬਿਜਾਈ ਕਰ ਦਿੱਤੀ ਜਾਵੇ।

        ਜ਼ਿਲ੍ਹਾ ਖੇਤੀਬਾੜੀ ਅਫਸਰ ਨੇ ਕਿਹਾ ਕਿ ਪਰਾਲੀ ਨੂੰ ਖੇਤ ਵਿਚ ਮਿਲਾਉਣ ਨਾਲ ਲੰਬੇ ਸਮੇਂ ਵਿਚ ਕਿਸਾਨ ਨੂੰ ਵੱਡੀ ਬਚਤ ਹੀ ਹੁੰਦੀ ਹੈਕਿਉਂਕਿ ਪਰਾਲੀ ਸਾੜਨ ਨਾਲ ਕੀਮਤੀ ਕਾਰਬਨਿਕ ਮਾਦਾ ਅਤੇ ਹੋਰ ਪੋਸ਼ਕ ਤੱਤ ਸੜ ਕੇ ਨਸ਼ਟ ਹੋ ਜਾਂਦੇ ਹਨ ਅਤੇ ਜ਼ਮੀਨ ਦੀ ਉਪਜਾ ਸ਼ਕਤੀ ਘੱਟ ਜਾਂਦੀ ਹੈਜੋ ਕਿ ਮਹਿੰਗੇ ਮੁੱਲ ਦੀਆਂ ਰਸਾਇਣਕ ਖਾਦਾਂ ਪਾ ਕੇ ਕਿਸਾਨ ਨੂੰ ਪੂਰੀ ਕਰਨੀ ਪੈਂਦੀ ਹੈ। ਉਨਾਂ ਕਿਹਾ ਕਿ ਖੇਤ ਵਿਚ ਜੈਵਿਕ ਮਾਦਾ ਮਿਲਣ ਨਾਲ ਫਸਲਾਂ ਦਾ ਝਾੜ ਵੀ ਵੱਧਦਾ ਹੈਜੋ ਕਿ ਸੋਨੇ ਤੇ ਸੁਹਾਗੇ ਵਾਲੀ ਗੱਲ ਹੈ। 

Saturday, October 7, 2023

ਬਿਨ੍ਹਾ ਪਰਾਲੀ ਸਾੜੇ ਸਭ ਤੋਂ ਸਸਤੇ ਤਰੀਕੇ ਨਾਲ ਕਣਕ ਦੀ ਬਿਜਾਈ ਦਾ ਤਰੀਕਾ ਸੁਝਾਇਆ ਖੇਤੀਬਾੜੀ ਵਿਭਾਗ ਨੇ

ਫਾਜਿ਼ਲਕਾ Fazilka ਖੇਤੀਬਾੜੀ ਵਿਭਾਗ Agriculture Department  ਨੇ ਬਿਨ੍ਹਾਂ ਪਰਾਲੀ Stubble ਸਾੜੇ ਸਭ ਤੋਂ ਸਸਤੇ ਤਰੀਕੇ ਨਾਲ ਕਣਕ ਦੀ ਬਿਜਾਈ ਕਰਨ ਦਾ ਤਰੀਕਾ ਕਿਸਾਨਾਂ ਨੂੰ ਸੁਝਾਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿ਼ਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ ਚੀਮਾ Gurmeet Singh Cheema ਅਤੇ ਖੇਤੀਬਾੜੀ ਇੰਜਨੀਅਰ ਕਮਲ ਗੋਇਲ ਨੇ ਦੱਸਿਆ ਹੈ ਕਿ ਇਸ ਤਰੀਕੇ ਨਾਲ ਕਿਸਾਨ ਸੌਖੇ ਤਰੀਕੇ ਨਾਲ ਕਣਕ ਦੀ ਬਿਜਾਈ ਕਰ ਸਕਦੇ ਹਨ ਅਤੇ ਇਸ ਨਾਲ ਜਮੀਨ ਦੀ ਸਿਹਤ Soil Health ਵਿਚ ਵੀ ਸੁਧਾਰ ਹੁੰਦਾ ਹੈ।ਇਸ ਤਕਨੀਕ ਨੂੰ ਮਲਚਿੰਗ Mulching ਵਾਲੀ ਤਕਨੀਕ ਆਖਦੇ ਹਨ।

ਬਿਜਾਈ ਦਾ ਸਮਾਂ


ਇਸ ਤਕਨੀਕ ਰਾਹੀਂ ਬਿਜਾਈ ਦਾ ਢੁਕਵਾਂ ਸਮਾਂ 15 ਅਕਤੂਬਰ ਤੋਂ 25 ਨਵੰਬਰ ਤੱਕ ਹੈ। ਇਸ ਲਈ ਝੋਨੇ/ਬਾਸਮਤੀ ਨੂੰ ਆਖਰੀ ਪਾਣੀ ਇਸ ਤਰਾਂ ਲਗਾਓ ਕਿ ਵਾਢੀ ਵੇਲੇ ਤੱਕ ਖੇਤ ਖੁਸ਼ਕ ਹੋਵੇ।

ਬੀਜ ਤੇ ਖਾਦ ਦੀ ਮਾਤਰਾ

ਇਸ ਲਈ ਕਣਕ Wheat Seed ਦੇ ਬੀਜ ਦੀ ਮਾਤਰਾ 45 ਕਿਲੋ ਅਤੇ ਡੀਏਪੀ ਖਾਦ 65 ਕਿਲੋ ਵਰਤੀ ਜਾਣੀ ਹੈ। ਬੀਜ ਨੂੰ ਸੋਧ ਕੇ ਬਿਜਾਈ ਕਰਨੀ ਚਾਹੀਦੀ ਹੈ।

ਝੋਨੇ ਦੀ ਵਾਢੀ 

ਝੋਨੇ ਦੀ ਵਾਢੀ ਸੁਪਰ ਐਸਐਮਐਸ Super SMS Combine ਵਾਲੀ ਕੰਬਾਇਨ ਨਾਲ ਕਰਵਾਉਣੀ ਚਾਹੀਦੀ ਹੈ ਕਿਉਂਕਿ ਇਹ ਮਸ਼ੀਨ ਪਰਾਲੀ ਨੂੰ ਪੂਰੇ ਖੇਤ ਵਿਚ ਇਕਸਾਰ ਖਿਲਾਰ ਦਿੰਦੀ ਹੈ।ਜ਼ੇਕਰ ਸੁਪਰ ਐਸਐਮਐਸ ਵਾਲੀ ਕੰਬਾਇਨ ਨਾ ਹੋਵੇ ਤਾਂ ਵਾਢੀ ਤੋਂ ਬਾਅਦ ਰੋਟਰੀ ਸਲੈਸ਼ਰ ਨਾਲ ਪਰਾਲੀ ਦੀਆਂ ਢੀਗਾਂ ਨੂੰ ਖੇਤ ਵਿਚ ਖਿਲਾਰ ਲਵੋ।

ਬਿਜਾਈ ਦਾ ਤਰੀਕਾ

ਜੇ ਸਰਫੇਸ ਸੀਡਰ ਮਸ਼ੀਨ ਹੋਵੇ ਤਾਂ ਉਸਦੀ ਵਰਤੋਂ ਕਰੋ ਪਰ ਜ਼ੇਕਰ ਇਹ ਮਸ਼ੀਨ ਨਾ ਹੋਵੇ ਤਾਂ ਬੀਜ ਤੇ ਖਾਦ ਦਾ ਅੱਧਾ ਅੱਧਾ ਕਰਕੇ ਦੋਹਰਾ ਛਿੱਟਾ ਦਿਓ। ਛਿੱਟਾ ਦੇਣ ਦੇ ਬਾਅਦ ਰੋਟਰੀ ਸਲੈਸ਼ਰ, ਰੀਪਰ, ਕੱਟਰ ਆਦਿ ਮਸ਼ੀਨ ਜਮੀਨ ਤੋਂ 6 ਇੰਚ ਉੱਚੀ ਰੱਖ ਕੇ ਖੇਤ ਵਿਚ ਚਲਾ ਦਿਓ। ਜੇ ਕਿਤੇ ਪਰਾਲੀ ਦੀ ਢੇਰੀ ਰਹਿ ਜਾਵੇ ਤਾਂ ਉਸਨੂੰ ਤੰਗਲੀ ਨਾਲ ਖਿਲਾਰ ਦਿਓ। 

ਸਿੰਚਾਈ

ਬਿਜਾਈ ਤੋਂ ਤੁਰੰਤ ਬਾਅਦ ਹਲਕਾ ਪਾਣੀ ਲਗਾ ਦਿਓ। ਪਾਣੀ ਹਲਕਾ ਹੀ ਲਗਾਉਣਾ ਹੈ ਅਤੇ ਜ਼ੇਕਰ ਭਾਰੀ ਪਾਣੀ ਲੱਗ ਜਾਵੇ ਤਾਂ ਬੀਜ ਪੂਰਾ ਨਹੀਂ ਉਗਦਾ ਹੈ। ਭਾਵ ਪਾਣੀ ਇਸਤਰਾਂ ਲਗਾਓ ਕਿ ਪਾਣੀ 24 ਘੰਟੇ ਵਿਚ ਜਮੀਨ ਸੋਖ ਲਵੇ। ਇਕ ਹਫਤੇ ਬਾਅਦ ਕਣਕ ਉਗ ਆਵੇਗੀ। ਇਸ ਤਰਾਂ ਦੇ ਖੇਤ ਵਿਚ ਨਦੀਨਾਂ ਦੀ ਸਮੱਸਿਆ ਵੀ ਘੱਟ ਆਉਂਦੀ ਹੈ।ਪਰਾਲੀ ਖੇਤ ਵਿਚ ਮਿਲਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ। ਖਰਚਾ ਬਾਕੀ ਸਭ ਤਕਨੀਕਾਂ ਨਾਲੋਂ ਘੱਟ ਆਉਂਦਾ ਹੈ। 

Friday, October 6, 2023

ਝੋਨੇ ਦੀ ਨਿਰਵਿਘਨ ਖਰੀਦ ਕਰਕੇ ਤੁਰੰਤ ਲਿਫਟਿੰਗ ਕੀਤੀ ਜਾਵੇ-ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼

ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਖਰੀਦੇ ਜਾਣ ਨੂੰ ਯਕੀਨੀ ਬਣਾਉਣ ਲਈ ਆਖਿਆ

ਜ਼ਮੀਨੀ ਪੱਧਰ ’ਤੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰਾਂ ਨੂੰ ਰੋਜ਼ਾਨਾ 7-8 ਮੰਡੀਆਂ ਦਾ ਦੌਰਾ ਕਰਨ ਦੀ ਹਦਾਇਤ

ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਰੁੱਧ ਵਿਆਪਕ ਮੁਹਿੰਮ ਵਿੱਢੀ ਜਾਵੇ

ਲੋਕਾਂ ਦੀ ਭਲਾਈ ਲਈ ਹੋਰ ਆਮ ਆਦਮੀ ਕਲੀਨਿਕ ਹੋਣਗੇ ਸਥਾਪਤ

ਚੰਡੀਗੜ੍ਹ, 6 ਅਕਤੂਬਰ 

ਪੰਜਾਬ ਦੇ ਮੁੱਖ ਭਗਵੰਤ ਸਿੰਘ ਮਾਨ ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਕਰਨ ਅਤੇ ਫਸਲ ਦੀ ਤੁਰੰਤ ਲਿਫਟਿੰਗ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ।

ਅੱਜ ਇੱਥੇ ਪੰਜਾਬ ਭਵਨ ਵਿਖੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇਸ ਡਿਊਟੀ ਨੂੰ ਨਿਭਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਉਪਜ ਨੂੰ ਛੇਤੀ ਤੋਂ ਛੇਤੀ ਖਰੀਦਿਆ ਜਾਵੇ ਅਤੇ ਉਨ੍ਹਾਂ ਦੀ ਸਹੂਲਤ ਲਈ ਇਸ ਦੀ ਲਿਫਟਿੰਗ ਤੁਰੰਤ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਨਿਰਵਿਘਨ ਖਰੀਦ ਲਈ ਵਚਨਬੱਧ ਹੈ ਅਤੇ ਸਰਕਾਰ ਦੇ ਇਸ ਫੈਸਲੇ ਨੂੰ ਸਹੀ ਢੰਗ ਨਾਲ ਲਾਗੂ ਕਰਨਾ ਅਧਿਕਾਰੀਆਂ ਦਾ ਫਰਜ਼ ਬਣਦਾ ਹੈ। 

ਮੁੱਖ ਮੰਤਰੀ Chief Minister ਨੇ ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨੀ ਪੱਧਰ 'ਤੇ ਸਮੁੱਚੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਰੋਜ਼ਾਨਾ 7-8 ਮੰਡੀਆਂ ਦਾ ਦੌਰਾ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਅਧਿਕਾਰੀ ਆਪੋ-ਆਪਣੇ ਜ਼ਿਲ੍ਹੇ ਵਿੱਚ ਪੈਂਦੀਆਂ ਅਨਾਜ ਮੰਡੀਆਂ ਦਾ ਨਿਰੰਤਰ ਦੌਰਾ ਕਰਨ ਅਤੇ ਨਿਗਰਾਨੀ ਲਈ ਰੋਜ਼ਾਨਾ ਰਿਪੋਰਟ ਵੀ ਪੇਸ਼ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਖਰੀਦ ਕਾਰਜਾਂ 'ਤੇ ਗਹੁ ਨਾਲ ਨਜ਼ਰ ਰੱਖਣ ਲਈ ਵੀ ਕਿਹਾ ਤਾਂ ਜੋ ਮੰਡੀਆਂ ਵਿੱਚ ਫਸਲ ਦੇ ਢੇਰ ਨਾ ਲੱਗਣ ਅਤੇ ਇਸ ਦੀ ਛੇਤੀ ਤੋਂ ਛੇਤੀ ਲਿਫਟਿੰਗ ਵੀ ਯਕੀਨੀ ਬਣਾਈ ਜਾ ਸਕੇ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਝੋਨੇ ਦੀ ਫਸਲ ਦੀ ਆਮਦ, ਖਰੀਦ ਅਤੇ ਅਦਾਇਗੀ ਦੀ ਰੋਜ਼ਾਨਾ ਰਿਪੋਰਟ ਨਿੱਜੀ ਤੌਰ 'ਤੇ ਉਨ੍ਹਾਂ ਨੂੰ ਸੌਂਪਣ ਲਈ ਆਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਹਨ ਕਿ ਕਿਸਾਨਾਂ ਦੀ ਫ਼ਸਲ ਦੀ ਚੁਕਾਈ ਮੰਡੀਆਂ ਵਿੱਚੋਂ ਨਿਰਵਿਘਨ, ਸਮੇਂ ਸਿਰ ਅਤੇ ਬਿਨਾਂ ਕਿਸੇ ਰੁਕਾਵਟ ਦੇ ਹੋ ਸਕੇ। ਉਨ੍ਹਾਂ ਨੇ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਲਿਫਟਿੰਗ ਪਹਿਲੇ ਦਿਨ ਤੋਂ ਹੀ ਸ਼ੁਰੂ ਹੋਈ ਹੈ ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਉਨ੍ਹਾਂ ਕਿਹਾ ਕਿ  ਸਮੁੱਚੀ ਪ੍ਰਕਿਰਿਆ ਦੇ ਡਿਜੀਟਾਈਜ਼ੇਸ਼ਨ ਨਾਲ ਖਰੀਦ, ਲਿਫਟਿੰਗ ਅਤੇ ਅਦਾਇਗੀ ਇੱਕੋ ਦਿਨ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਦੇ ਨਿਰਧਾਰਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ ਕਰਕੇ ਸਰਕਾਰੀ ਖਰੀਦ ਏਜੰਸੀਆਂ ਨੂੰ ਅਲਾਟ ਕੀਤੇ ਗਏ। 

ਮੁੱਖ ਮੰਤਰੀ ਨੇ ਕਿਹਾ ਕਿ ਮੰਡੀਆਂ ਵਿੱਚ ਅਨਾਜ ਲਿਆਉਣ ਵਾਲੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਾਇਓਮੀਟ੍ਰਿਕ ਪ੍ਰਮਾਣਿਕਤਾ ਦੀ ਤਕਨੀਕ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਨਾਜ ਦੀ ਲਿਫਟਿੰਗ ਵਿੱਚ ਪਾਰਦਰਸ਼ਤਾ ਲਿਆਉਣ ਲਈ ਵਾਹਨਾਂ ਨੂੰ ਆਨਲਾਈਨ ਗੇਟ ਪਾਸ ਜਾਰੀ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਸਮੁੱਚੇ ਖਰੀਦ ਕਾਰਜਾਂ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ।

ਮੀਟਿੰਗ ਦੌਰਾਨ ਇਕ ਹੋਰ ਏਜੰਡੇ ਨੂੰ ਵਿਚਾਰਦਿਆਂ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਪਰਾਲੀ ਨੂੰ ਅੱਗ ਦੇ ਘਾਤਕ ਸਿੱਟਿਆਂ ਬਾਰੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਵਾਤਾਵਰਨ ਅਤੇ ਮਨੁੱਖੀ ਜੀਵਨ ਨੂੰ ਗੰਭੀਰ ਖ਼ਤਰਾ ਪੈਦਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਾਲੀ ਦੇ ਨਿਪਟਾਰੇ ਲਈ ਬੀਤੇ ਸਾਲ ਦੇ ਮੁਕਾਬਲੇ 23000 ਵੱਧ ਖੇਤੀ ਮਸ਼ੀਨਾਂ ਦਿੱਤੀਆਂ ਗਈਆਂ ਹਨ ਅਤੇ ਹੁਣ ਡਿਪਟੀ ਕਮਿਸ਼ਨਰਾਂ ਨੂੰ ਅਗਲੇ ਕੁਝ ਦਿਨਾਂ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਸਖ਼ਤ ਨਿਗਰਾਨੀ ਰੱਖਣੀ ਚਾਹੀਦੀ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਵੰਡਣ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਸੂਬੇ ਦੇ ਆਫ਼ਤ ਰਾਹਤ ਫੰਡ ਵਿੱਚ ਢੁਕਵਾਂ ਫੰਡ ਹੈ। 

ਇਕ ਹੋਰ ਏਜੰਡੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫ਼ਤ ਇਲਾਜ ਤੇ ਜਾਂਚ ਸੇਵਾਵਾਂ ਪ੍ਰਦਾਨ ਕਰਕੇ ਵੱਡੀ ਰਾਹਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਿਹਤ ਕ੍ਰਾਂਤੀ ਲੋਕਾਂ ਲਈ ਬਹੁਤ ਸਹਾਈ ਸਾਬਤ ਹੋ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ ਅਜਿਹੇ ਹੋਰ ਕਲੀਨਿਕ ਵੀ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ਕਲੀਨਿਕਾਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਨਿਰੰਤਰ ਨਿਗਰਾਨੀ ਕਰਨੀ ਚਾਹੀਦੀ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਤੰਦਰੁਸਤੀ ਲਈ ਸੂਬਾ ਸਰਕਾਰ ਨੇ ਸੀ.ਐਮ. ਦੀ ਯੋਗਸ਼ਾਲਾ ਦੀ ਸ਼ੁਰੂਆਤ ਪਹਿਲਾਂ ਹੀ ਕਰ ਦਿੱਤੀ ਹੈ ਜਿਸ ਵਿੱਚ ਲੋਕਾਂ ਨੂੰ ਯੋਗਾ ਦੀ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 290 ਸੀ.ਐਮ. ਯੋਗਸ਼ਾਲਾਵਾਂ ਸਫਲਤਾਪੂਰਵਕ ਚੱਲ ਰਹੀਆਂ ਹਨ ਅਤੇ ਛੇਤੀ ਹੀ ਅਜਿਹੀਆਂ ਹੋਰ ਯੋਗਸ਼ਾਲਾਵਾਂ ਖੋਲ੍ਹੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਉਠਾ ਸਕਣ। 

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਖਿਲਾਫ ਹੋਰ ਸਖ਼ਤੀ ਵਰਤਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਨਸ਼ਿਆਂ ਦੀ ਗੰਭੀਰ ਸਿੱਟਿਆਂ ਬਾਰੇ ਲੋਕਾਂ ਨੂੰ ਜ਼ਮੀਨੀ ਪੱਧਰ ਉਤੇ ਜਾਗਰੂਕ ਕਰਨ ਲਈ ਵੱਡੀ ਪੱਧਰ ਉਤੇ ਮੁਹਿੰਮ ਚਲਾਈ ਜਾਵੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਸਰਗਰਮ ਸਹਿਯੋਗ ਸਦਕਾ ਸੂਬੇ ਵਿੱਚੋਂ ਇਸ ਅਲਾਮਤ ਨੂੰ ਜੜ੍ਹੋਂ ਖਤਮ ਕੀਤ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਵੱਡੇ ਨਸ਼ਾ ਤਸਕਰਾਂ ਦੀ ਜਾਇਦਾਦ ਦੀ ਸ਼ਨਾਖ਼ਤ ਕਰਕੇ ਇਸ ਨੂੰ ਜ਼ਬਤ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਲਈ ਆਖਿਆ। 

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਆਟਾ ਦਾਲ ਸਕੀਮ ਤਹਿਤ ਵੱਧ ਤੋਂ ਵੱਧ ਯੋਗ ਅਤੇ ਲੋੜਵੰਦ ਲਾਭਪਾਤਰੀਆਂ ਨੂੰ ਇਸ ਸਕੀਮ ਦੇ ਦਾਇਰੇ ਵਿੱਚ ਲਿਆਉਣ ਲਈ ਕਿਹਾ। ਇਸੇ ਤਰ੍ਹਾਂ ਉਨ੍ਹਾਂ ਨੇ ਇੱਕ ਪਾਸੇ ਪਿੰਡਾਂ ਦੇ ਵਿਕਾਸ ਅਤੇ ਦੂਜੇ ਪਾਸੇ ਲੋੜਵੰਦ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਮਨਰੇਗਾ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਵੀ ਆਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ 5000 ਪੇਂਡੂ ਖੇਡ ਮੈਦਾਨ ਬਣਨੇ ਹਨ, ਜਿਨ੍ਹਾਂ ਵਿੱਚੋਂ 1014 ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ 1886 ਵਿੱਚ ਚੱਲ ਰਿਹਾ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਇਸ ਕਾਰਜ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਵਾਉਣ ਲਈ ਆਖਿਆ।

ਮੁੱਖ ਮੰਤਰੀ ਨੇ ਇਸ ਗੱਲ 'ਤੇ ਤਸੱਲੀ ਪ੍ਰਗਟਾਈ ਕਿ ਸੂਬਾ ਭਰ ਦੇ ਸੇਵਾ ਕੇਂਦਰਾਂ ਦੀ ਬਕਾਇਆ ਦਰ ਮਹਿਜ਼ 0.08 ਫੀਸਦੀ ਹੈ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਲੋਕਾਂ ਨੂੰ ਇਨ੍ਹਾਂ ਸੇਵਾ ਕੇਂਦਰਾਂ ਵਿੱਚ ਵੱਧ ਤੋਂ ਵੱਧ ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਤੇਜ਼ੀ ਨਾਲ ਮਿਲਣਾ ਯਕੀਨੀ ਬਣਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਸੂਬੇ ਵਿੱਚ ਮਾਲ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਜਾਣੂੰ ਕਰਵਾਇਆ ਕਿ ਨਵੇਂ ਪਟਵਾਰੀਆਂ ਦੀ ਭਰਤੀ ਪ੍ਰਕਿਰਿਆ ਪਹਿਲਾਂ ਹੀ ਚੱਲ ਰਹੀ ਹੈ ਅਤੇ ਬਹੁਤ ਜਲਦ ਸੂਬੇ ਨੂੰ ਨਵੇਂ ਪਟਵਾਰੀ ਮਿਲਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਵੱਡੀ ਪੱਧਰ 'ਤੇ ਸਹੂਲਤ ਮਿਲੇਗੀ।

-----


Wednesday, October 4, 2023

ਝੋਨੇ ਦੀ ਪਰਾਲੀ ਸਾੜਨ ਵਾਲੇ ਖਿਲਾਫ ਪੁਲਿਸ ਨੇ ਕੀਤੀ ਐਫਆਈਆਰ ਦਰਜ

 —ਖੇਤੀਬਾੜੀ ਵਿਭਾਗ ਦੀ ਟੀਮ ਨੇ ਮੌਕੇ ਤੇ ਪਹੁੰਚ ਕੇ ਕੀਤਾ ਚਲਾਨ

—ਡਿਪਟੀ ਕਮਿਸ਼ਨਰ ਵੱਲੋਂ ਮੁੜ ਪਰਾਲੀ ਨਾ ਸਾੜਨ ਦੀ ਅਪੀਲ
—ਕਿਹਾ, ਜ਼ੇਕਰ ਪਰਾਲੀ ਸਾੜੀ ਤਾਂ ਹੋਵੇਗਾ ਸਖ਼ਤ ਕਾਰਵਾਈ
ਫਾਜਿ਼ਲਕਾ, 4 ਅਕਤੂਬਰ
ਬੀਤੇ ਦਿਨ ਜਿ਼ਲ੍ਹੇ ਦੇ ਪਿੰਡ ਰਾਣਾ ਵਿਚ ਇਕ ਕਿਸਾਨ ਵੱਲੋਂ ਪਰਾਲੀ ਸਾੜਨ ਦੀ ਸੂਚਨਾ ਉਪਗ੍ਰਹਿ ਰਾਹੀਂ ਮਿਲਣ ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਸਬੰਧਤ ਦੋਸ਼ੀ ਖਿਲਾਫ ਐਫਆਈਆਰ ਦਰਜ ਕਰ ਲਈ ਹੈ ਜਦ ਕਿ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਮੌਕੇ ਤੇ ਪਹੁੰਚ ਕੇ  ਸਰਕਾਰੀ ਨਿਯਮਾਂ ਅਨੁਸਾਰ ਮੌਕੇ ਤੇ ਹੀ ਚਲਾਨ ਕੀਤਾ ਗਿਆ।

ਦੂਜ਼ੇ ਪਾਸੇ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਮੁੜ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਾਲੀ ਨੂੰ ਸਾੜਨ ਦੀ ਬਜਾਏ ਖੇਤ ਵਿਚ ਮਿਲਾ ਕੇ ਹੀ ਕਣਕ ਦੀ ਬਿਜਾਈ ਕਰਨ। ਉਨ੍ਹਾਂ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਜਿੱਥੇ ਸਾਡੇ ਵਾਤਾਵਰਨ ਦਾ ਨੁਕਸਾਨ ਹੁੰਦਾ ਹੈ ਉਥੇ ਹੀ ਸਾਡੀ ਜਮੀਨ ਦੇ ਪੋਸ਼ਕ ਤੱਤ ਵੀ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਲਈ ਕਿਸਾਨ ਵੀਰਾਂ ਨੂੰ ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰਨੀ ਚਾਹੀਦੀ ਹੈ।
ਇਸ ਸਬੰਧੀ ਥਾਣਾ ਸਦਰ ਫਾਜਿ਼ਲਕਾ ਵਿਚ ਕਿਸਾਨ ਅਵਤਾਰ ਸਿੰਘ ਦੇ ਖਿਲਾਫ ਧਾਰਾ 188 ਤਹਿਤ ਮੁੱਕਦਮਾ ਨੰਬਰ 202 ਮਿਤੀ 4 ਅਕਤੂਬਰ ਦਰਜ ਕੀਤਾ ਗਿਆ ਹੈ।ਇਹ ਮੁਕੱਦਮਾ ਏਡੀਓ ਕੁਲਦੀਪ ਕੁਮਾਰ, ਸੋਮ ਪ੍ਰਕਾਸ਼ ਨੋਡਲ ਅਫ਼ਸਰ ਅਤੇ ਸੂਰਜ ਭਾਨ ਪਟਵਾਰੀ ਦੇ ਬਿਆਨਾਂ ਅਨੁਸਾਰ ਦਰਜ ਕੀਤਾ ਗਿਆ ਹੈ।
ਦੂਜ਼ੇ ਪਾਸੇ ਮੁੱਖ ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ ਚੀਮਾ, ਬਲਾਕ ਖੇਤੀਬਾੜੀ ਅਫ਼ਸਰ ਬਲਦੇਵ ਸਿੰਘ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਕੁਲਦੀਪ ਕੁਮਾਰ ਨੇ ਅੱਗ ਲੱਗਣ ਵਾਲੇ ਖੇਤ ਦਾ ਦੌਰਾ ਕੀਤਾ। ਉਨ੍ਹਾਂ ਨੇ ਦੱਸਿਆ ਕਿ ਭਾਂਵੇ ਕਿ ਕਿਸਾਨ ਨੇ ਖੇਤ ਨੂੰ ਵਾਹ ਕੇ ਸਬੂਤ ਮਿਟਾਉਣ ਦੀ ਕੋਸਿ਼ਸ ਕੀਤੀ ਸੀ ਪਰ ਮੌਕੇ ਤੇ ਉਪਲਬੱਧ ਹਲਾਤ ਅਨੁਸਾਰ ਅੱਗ ਲਗਾਉਣ ਦੀ ਪੁ਼ਸ਼ਟੀ ਹੋਈ ਜਿਸਤੇ ਟੀਮ ਨੇ ਸਬੰਧਤ ਕਿਸਾਨ ਅਵਤਾਰ ਸਿੰਘ ਪੁੱਤਰ ਕੁੰਦਨ ਸਿੰਘ ਦਾ 2500 ਰੁ: ਦਾ ਚਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਵੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੌਸ਼ਕ ਤੱਤਾਂ ਨਾਲ ਭਰਪੂਰ ਪਰਾਲੀ ਨੂੰ ਸਾੜਨ ਨਾ ਸਗੋਂ ਇਸਨੂੰ ਖੇਤ ਵਿਚ ਮਿਲਾ ਕੇ ਜਮੀਨ ਦੀ ਉਪਜਾਊ ਸ਼ਕਤੀ ਵਧਾਉਣ।

Tuesday, October 3, 2023

ਝੋਨੇ ਦੀ ਪੂਸਾ-44 ਕਿਸਮ ਬਾਰੇ ਸਰਕਾਰ ਦਾ ਵੱਡਾ ਐਲਾਣ

ਮੁੱਖ ਮੰਤਰੀ ਵੱਲੋਂ ਚਮਕੌਰ ਸਾਹਿਬ ਤੋਂ ਝੋਨੇ ਦੇ ਖਰੀਦ ਕਾਰਜਾਂ ਦੀ ਰਸਮੀ ਸ਼ੁਰੂਆਤ


ਇਤਿਹਾਸ ਵਿੱਚ ਪਹਿਲੀ ਵਾਰ ਖਰੀਦ ਦੇ ਪਹਿਲੇ ਦਿਨ ਮੰਡੀਆਂ ਵਿੱਚੋਂ ਝੋਨੇ ਦੀ ਚੁਕਾਈ ਸ਼ੁਰੂ ਹੋਈ


ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ ਫਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਦੇ ਆਦੇਸ਼


ਝੋਨੇ ਦੀ ਖਰੀਦ ਅਤੇ ਚੁਕਾਈ ਦੇ ਨਾਲ-ਨਾਲ ਹੋਰ ਪ੍ਰਬੰਧ ਪੁਖਤਾ ਬਣਾਉਣ ਦਾ ਭਰੋਸਾ


ਅਗਲੇ ਸੀਜ਼ਨ ਤੋਂ ਝੋਨੇ ਦੀ ਪੂਸਾ-44 ਕਿਸਮ ਉਤੇ ਪਾਬੰਦੀ ਲਾਉਣ ਦਾ ਐਲਾਨ


2 ਅਕਤੂਬਰ ਤੱਕ ਮੰਡੀਆਂ ਵਿੱਚ 68000 ਮੀਟਰਕ ਟਨ ਝੋਨਾ ਪਹੁੰਚਿਆ

ਚਮਕੌਰ ਸਾਹਿਬ, 3 ਅਕਤੂਬਰ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ Bhagwant Singh Mann  ਨੇ ਅੱਜ ਚਮਕੌਰ ਸਾਹਿਬ ਦੀ ਅਨਾਜ ਮੰਡੀ ਤੋਂ ਸੂਬੇ ਵਿੱਚ ਝੋਨੇ ਦੇ ਖਰੀਦ ਕਾਰਜਾਂ Paddy Procurement ਦੀ ਸ਼ੁਰੂਆਤ ਰਸਮੀ ਤੌਰ ਉਤੇ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ ਇਕ ਅਕਤੂਬਰ ਤੋਂ ਸ਼ੁਰੂ ਹੋਏ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਨਿਰਵਘਿਨ ਖਰੀਦ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। 


ਕਿਸਾਨਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਅਸੀਂ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹਾਂ ਅਤੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਝੋਨੇ ਦੀ ਖਰੀਦ ਦੇ ਪਹਿਲੇ ਦਿਨ ਹੀ ਫਸਲ ਦੀ ਲਿਫਟਿੰਗ ਸ਼ੁਰੂ ਹੋ ਚੁੱਕੀ ਹੈ ਜੋ ਆਪਣੇ ਆਪ ਵਿੱਚ ਰਿਕਾਰਡ ਹੈ।” 

ਮੁੱਖ ਮੰਤਰੀ ਨੇ ਕਿਹਾ ਕਿ ਖਰੀਦ, ਲਿਫਟਿੰਗ ਅਤੇ ਅਦਾਇਗੀ ਉਸੇ ਦਿਨ ਕੀਤੀ ਜਾਵੇਗੀ ਅਤੇ ਇਸ ਸਮੁੱਚੀ ਪ੍ਰਕਿਰਿਆ ਨੂੰ ਡਿਜੀਟਲ ਵਿਧੀ ਨਾਲ ਕਾਰਜਸ਼ੀਲ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਇੱਕ ਬਟਨ ਦਬਾ ਕੇ ਡਿਜੀਟਲ ਢੰਗ ਨਾਲ ਭੁਗਤਾਨ ਕਰਨ ਦੀ ਪਹਿਲ ਦੀ ਸ਼ੁਰੂਆਤ ਕਰਦੇ ਹੋਏ ਇੱਕ ਕਿਸਾਨ ਨੂੰ ਝੋਨੇ ਦੀ ਅਦਾਇਗੀ ਟ੍ਰਾਂਸਫਰ ਕੀਤੀ।

 ਕਿਸਾਨਾਂ ਨੂੰ ਪੂਸਾ-44 Pusa 44 ਅਤੇ ਝੋਨੇ ਦੀਆਂ ਹੋਰ ਸਬੰਧਤ ਕਿਸਮਾਂ ਦੀ ਕਾਸ਼ਤ ਬੰਦ ਕਰਨ ਦੀ ਅਪੀਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਿਸਮਾਂ ਦੀ ਕਾਸ਼ਤ ਬੰਦ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਅਗਲੇ ਸੀਜ਼ਨ ਤੋਂ ਇਨ੍ਹਾਂ ਕਿਸਮਾਂ 'ਤੇ ਪਾਬੰਦੀ ਲਾਉਣ ਦਾ ਫੈਸਲਾ ਪਹਿਲਾਂ ਹੀ ਕਰ ਲਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੀ ਵੱਧ ਖਪਤ ਵਾਲੀਆਂ ਇਹ ਕਿਸਮਾਂ ਵਾਢੀ ਲਈ ਵੀ ਵੱਧ ਸਮਾਂ ਲੈਂਦੀਆਂ ਹਨ ਅਤੇ ਬਹੁਤ ਪਰਾਲੀ ਪੈਦਾ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟਰੱਕਾਂ ਵਿੱਚ ਜੀ.ਪੀ.ਐਸ. ਵਰਗੀਆਂ ਅਤਿ-ਆਧੁਨਿਕ ਤਕਨੀਕਾਂ ਦੀ ਵਰਤੋਂ ਨਾਲ ਲਿਫਟਿੰਗ ਦੀ ਸਮੱਸਿਆ ਹੱਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਿਯਮਾਂ ਵਿੱਚ ਢਿੱਲ ਦੇਣ ਤੋਂ ਬਾਅਦ 654 ਨਵੇਂ ਸ਼ੈਲਰਾਂ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਦੇ ਮੁਆਵਜ਼ੇ ਦੀ ਵੰਡ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਕ-ਇਕ ਪੈਸੇ ਦਾ ਨੁਕਸਾਨ ਸੂਬਾ ਸਰਕਾਰ ਵੱਲੋਂ ਅਦਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਸੂਬਾ ਸਰਕਾਰ ਕੋਲ ਸੂਬਾਈ ਆਫ਼ਤ ਰਾਹਤ ਫੰਡ ਵਿੱਚ ਕਾਫੀ ਪੈਸਾ ਹੈ। 

ਭਗਵੰਤ ਸਿੰਘ ਮਾਨ ਨੇ ਝੋਨੇ ਦੇ ਖਰੀਦ ਕਾਰਜਾਂ ਲਈ ਨੋਡਲ ਏਜੰਸੀ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੂੰ ਝੋਨੇ ਦੀ ਤੁਰੰਤ ਅਤੇ ਨਿਰਵਿਘਨ ਖਰੀਦ ਅਤੇ ਭੰਡਾਰਨ ਲਈ ਸਾਰੇ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ। ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ ਅਤੇ ਖਰੀਦ ਹੋਈ ਫਸਲ ਨੂੰ ਉਸੇ ਦਿਨ ਮੰਡੀ ਵਿੱਚੋਂ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਲਈ ਨਿਰਧਾਰਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਨੇ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਝੋਨੇ ਦੇ ਸੀਜ਼ਨ ਲਈ 37,000 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ (ਸੀ.ਸੀ.ਐਲ.) ਪ੍ਰਾਪਤ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਝੋਨੇ ਦੀ ਖਰੀਦ ਲਈ ਕੇਂਦਰ ਸਰਕਾਰ ਪਾਸੋਂ CCL ਸੀ.ਸੀ.ਐਲ. ਵਜੋਂ 42000 ਕਰੋੜ ਰੁਪਏ ਦੀ ਮੰਗ ਕੀਤੀ ਸੀ ਜਿਸ ਦੇ ਮੁਕਾਬਲੇ 37000 ਕਰੋੜ ਰੁਪਏ ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਚਾਲੂ ਸੀਜ਼ਨ ਦੌਰਾਨ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਸੰਭਾਵਿਤ ਆਮਦ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।


ਕਿਸਾਨਾਂ ਨੂੰ ਪਰਾਲੀ ਸਾੜਨ ਦੀ ਪ੍ਰਥਾ ਨੂੰ ਤਿਆਗਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਨਵੇਂ ਖੇਤੀ ਸੰਦ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਭੱਠਿਆਂ ਲਈ ਪਰਾਲੀ ਬਾਲਣ ਦੇ ਨਾਲ-ਨਾਲ ਹੋਰ ਪਲਾਂਟਾਂ ਨੂੰ ਕਿਸਾਨਾਂ ਤੋਂ ਪਰਾਲੀ ਖਰੀਦਣ ਲਈ ਲਾਜ਼ਮੀ ਕੀਤਾ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਲਈ ਕਿਸਾਨਾਂ ਲਈ ਲਾਹੇਵੰਦ ਹੱਲ ਦੀ ਮੰਗ ਵੀ ਕੀਤੀ ਹੋਈ ਹੈ। 

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਨੇ ਡੀ.ਏ.ਪੀ. ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਇਆ ਸੀ ਅਤੇ ਇਸ ਪਹਿਲਕਦਮੀ ਨਾਲ ਤਿੰਨ ਲੱਖ ਮੀਟ੍ਰਿਕ ਟਨ ਡੀ.ਏ.ਪੀ. ਪ੍ਰਾਪਤ ਹੋਈ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਭਾਰਤ ਸਰਕਾਰ ਤੋਂ ਬਾਸਮਤੀ ਦੀ ਬਰਾਮਦ ਲਈ ਤੈਅ ਕੀਮਤ ਵਧਾਉਣ ਦੀ ਮੰਗ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿਉਂਕਿ ਅਸੀਂ ਫਸਲੀ ਵਿਭਿੰਨਤਾ ਨੂੰ ਹੋਰ ਅੱਗੇ ਵਧਾਉਣ ਦਾ ਫੈਸਲਾ ਕੀਤਾ ਹੈ ਜਿਸ ਕਰਕੇ ਕੀਮਤਾਂ ਵਿੱਚ ਵਾਧਾ ਹੋਣਾ ਲਾਹੇਵੰਦ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਬਾਸਮਤੀ ਦੀ ਕਾਸ਼ਤ ਹੇਠ 21 ਫੀਸਦੀ ਤੱਕ ਰਕਬਾ ਵਧਿਆ ਹੈ। 

ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਸਾਉਣੀ ਮੰਡੀਕਰਨ ਸੀਜ਼ਨ, 2023-24 ਲਈ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2203 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀਆਂ ਚਾਰ ਖਰੀਦ ਏਜੰਸੀਆਂ ਪਨਗ੍ਰੇਨ, Pungrain, Markfed ਮਾਰਕਫੈੱਡ, ਪਨਸਪ ਅਤੇ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ, ਭਾਰਤੀ ਖੁਰਾਕ ਨਿਗਮ (FCI.) ਦੇ ਨਾਲ ਮਿਲ ਕੇ ਭਾਰਤ ਸਰਕਾਰ ਦੁਆਰਾ ਨਿਰਧਾਰਤ ਮਾਪਦੰਡਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ 'ਤੇ ਝੋਨੇ ਦੀ ਖਰੀਦ ਕਰ ਰਹੀਆਂ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ ਕਰਕੇ ਸਰਕਾਰੀ ਖਰੀਦ ਏਜੰਸੀਆਂ ਨੂੰ ਅਲਾਟ ਕੀਤੇ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਸੰਭਾਲ ਲਈ ਲੋੜੀਂਦੇ ਬਾਰਦਾਨੇ ਅਤੇ ਤਰਪਾਲਾਂ ਦੇ ਲੋੜੀਂਦੇ ਪ੍ਰਬੰਧ ਸਮੇਂ ਤੋਂ ਪਹਿਲਾਂ ਹੀ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ 'ਤੇ ਕੋਈ ਵੀ ਮਾਫੀਆ ਚਾਹੇ ਉਹ ਨਸ਼ਾ, ਰੇਤ ਜਾਂ ਜ਼ਮੀਨ ਹੜੱਪਣ ਵਾਲਾ ਹੋਵੇ, ਉਸ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸਾਉਣੀ ਦੇ ਸੀਜ਼ਨ ਦੌਰਾਨ ਸੂਬਾ ਸਰਕਾਰ ਵੱਲੋਂ 182.10 ਲੱਖ ਮੀਟ੍ਰਿਕ ਟਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚੋਂ 173 ਲੱਖ ਮੀਟ੍ਰਿਕ ਟਨ ਦੀ ਖਰੀਦ ਸਰਕਾਰੀ ਏਜੰਸੀਆਂ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਜੂਟ ਦੀਆਂ 4.86 ਲੱਖ ਗੰਢਾਂ ਮੌਜੂਦ ਹਨ ਅਤੇ ਬਾਕੀ ਦਾ ਪ੍ਰਬੰਧ ਮਿੱਲ ਮਾਲਕਾਂ ਵੱਲੋਂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਮੰਡੀਆਂ ਵਿੱਚ ਅਨਾਜ ਲਿਆਉਣ ਵਾਲੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਾਇਓਮੀਟ੍ਰਿਕ ਪ੍ਰਮਾਣਿਕਤਾ ਦੀ ਤਕਨੀਕ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਨਾਜ ਦੀ ਲਿਫਟਿੰਗ ਵਿੱਚ ਪਾਰਦਰਸ਼ਤਾ ਲਿਆਉਣ ਲਈ ਵਾਹਨਾਂ ਨੂੰ ਆਨਲਾਈਨ ਗੇਟ ਪਾਸ ਜਾਰੀ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਦੱਸਿਆ 2 ਅਕਤੂਬਰ ਤੱਕ ਮੰਡੀਆਂ ਵਿੱਚ 68000 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜੋ ਪਿਛਲੇ ਸਾਲ ਨਾਲੋਂ 48 ਫੀਸਦੀ ਵੱਧ ਹੈ।

ਇਕ ਮੌਕੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਹੋਰ ਹਾਜ਼ਰ ਸਨ।


ਇਹ ਵੀ ਪੜ੍ਹੋ


ਨਿਮਨ ਖ਼ਬਰਾਂ ਪੜ੍ਹਨ ਲਈ ਨੀਲੇ ਲਿੰਕ ਤੇ ਕਲਿੱਕ ਕਰੋ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਮਿਲੇਗੀ 50 ਫੀਸਦ ਸਬਸਿਡੀ


ਪੰਜਾਬ ਸਰਕਾਰ ਨੇ ਕਿਸਾਨਾਂ ਦੇ ਖਾਤਿਆਂ ਚ ਪਾਏ 119 ਕਰੋੜ



ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...