ਚੰਡੀਗੜ੍ਹ, 25 ਜੂਨ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਪਾਲ ਦੇ ਭਾਸ਼ਣ ਉੱਤੇ ਬਹਿਸ ਦਾ ਜਵਾਬ ਦਿੰਦਿਆਂ ਕਈ ਮੁੱਦੇ ਛੂਹੇ ਗਏ। ਜਿਸ ਵਿਚ ਉਨ੍ਹਾਂ ਨੇ ਕਿਸਾਨਾਂ ਅਤੇ ਖੇਤੀ ਸਬੰਧੀ ਜੋ ਕਿਹਾ ਉਹ ਅਸੀਂ ਤੁਹਾਡੇ ਲਈ ਇੱਥੇ ਸ਼ੇਅਰ ਕਰ ਰਹੇ ਹਾਂ
ਖੇਤੀਬਾੜੀ ਅਤੇ ਸਹਾਇਕ ਧੰਦਿਆਂ ਦੀ ਗੱਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਕ ਸਾਲ ਵਿੱਚ ਤੀਜੀ ਫਸਲ ਵਜੋਂ ਮੂੰਗੀ ਨੂੰ ਉਤਸ਼ਾਹਤ ਕੀਤਾ ਹੈ, ਜੋ ਇਸ ਵਰ੍ਹੇ 7275 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ ਉਤੇ ਖਰੀਦੀ ਜਾ ਰਹੀ ਹੈ। ਇਸ ਨਾਲ ਕਿਸਾਨਾਂ ਨੂੰ ਪ੍ਰਤੀ ਏਕੜ 30,000 ਰੁਪਏ ਦੀ ਵਾਧੂ ਆਮਦਨ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਇਸ ਵਰ੍ਹੇ ਮੂੰਗੀ ਦੀ ਕਾਸ਼ਤ 54363 ਏਕੜ ਰਕਬੇ ਤੋਂ ਵਧ ਕੇ 1,28,495 ਏਕੜ ਵਿੱਚ ਹੋਈ ਹੈ। ਇਸੇ ਤਰ੍ਹਾਂ ਫਸਲੀ ਵਿਭਿੰਨਤਾ ਨੂੰ ਹੋਰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਦਾਲਾਂ, ਮੱਕੀ, ਨਰਮਾ ਅਤੇ ਤੇਲ ਬੀਜਾਂ ਅਧੀਨ ਰਕਬੇ ਨੂੰ ਵਧਾਇਆ ਜਾਵੇਗਾ। ਇਸ ਨਾਲ ਜਿੱਥੇ ਧਰਤੀ ਹੇਠਲਾ ਕੀਮਤੀ ਪਾਣੀ ਬਚੇਗਾ, ਉਥੇ ਨਾਲ-ਨਾਲ ਮਿੱਟੀ ਦੀ ਗੁਣਵੱਤਾ ਸੁਧਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਵੀ 1500 ਰੁਪਏ ਪ੍ਰਤੀ ਏਕੜ ਦੀ ਸਬਸਿਡੀ ਇਕ ਹੋਰ ਇਤਿਹਾਸਕ ਕਦਮ ਹੈ ਅਤੇ ਸੂਬੇ ਦੇ ਲੋਕ ਮੋਢੇ ਨਾਲ ਮੋਢਾ ਜੋੜ ਕੇ ਪਾਣੀ ਨੂੰ ਬਚਾਉਣ ਲਈ ਕੰਮ ਕਰ ਰਹੇ ਹਨ ਅਤੇ ਇਸ ਸਾਲ 25985 ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਛੋਟੇ ਤੇ ਸੀਮਾਂਤ ਕਿਸਾਨਾਂ ਦੀ ਗਿਣਤੀ ਆਉਣ ਵਾਲੇ ਸਮੇਂ ਵਿਚ ਵਧਣ ਦੀ ਉਮੀਦ ਹੈ ਕਿਉਂਕਿ ਜ਼ਮੀਨਾਂ ਘਟ ਰਹੀਆਂ ਹਨ ਜਿਸ ਕਰਕੇ ਭਵਿੱਖ ਵਿਚ ਕਿਸਾਨਾਂ ਲਈ ਖੇਤੀਬਾੜੀ ਲਾਹੇਵੰਦ ਨਹੀਂ ਰਹੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀ ਸਥਿਤੀ ਵਿਚ ਫਾਰਮਰ ਪ੍ਰੋਡਿਊਸਰ ਆਰਗੇਨਾਈਜੇਸ਼ਨ (ਐਫ.ਪੀ.ਓ.) ਬਿਹਤਰ ਆਮਦਨ ਦੇ ਕੇ ਕਿਸਾਨਾਂ ਨੂੰ ਇਕ ਵਧੀਆ ਬਦਲ ਦੇ ਸਕਦੀ ਹੈ। ਇਹ ਪ੍ਰੋਡਿਊਸਰ ਇਕੱਠੇ ਹੋ ਕੇ ਵਧੀਆ ਮੁਨਾਫਾ ਕਮਾ ਸਕਦੇ ਹਨ। ਖੇਤੀਬਾੜੀ ਨੂੰ ਆਧੁਨਿਕ ਅਤੇ ਡਿਜੀਟਾਈਜ਼ਡ ਬਣਾਉਣ ਦੀ ਲੋੜ ਹੈ। ਇਸ ਮੰਤਵ ਲਈ ਕਿਸਾਨਾਂ ਦੇ ਡੇਟਾਬੇਸ ਦਾ ਜ਼ਮੀਨ ਦੇ ਰਿਕਾਰਡ ਨਾਲ ਮਿਲਾਨ ਕੀਤਾ ਜਾ ਰਿਹਾ ਹੈ ਤਾਂ ਜੋ ਸਬਸਿਡੀਆਂ ਅਤੇ ਹੋਰ ਫਾਇਦੇ ਪਾਰਦਰਸ਼ੀ ਢੰਗ ਨਾਲ ਕਿਸਾਨ ਤੱਕ ਪਹੁੰਚ ਸਕਣ। ਬੀਜ, ਖਾਦ, ਕੀਟਨਾਸ਼ਕਾਂ ਦੇ ਉਤਪਾਦਨ ਤੋਂ ਲੈ ਕੇ ਕਿਸਾਨਾਂ ਤੱਕ ਪਹੁੰਚ ਉਤੇ ਨਿਗ੍ਹਾ ਰੱਖਣ ਲਈ ਇਕ ਪੋਰਟਲ ਵਿਕਸਤ ਕੀਤਾ ਗਿਆ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡੀ ਸਹਾਇਤਾ ਮਿਲੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ 2 ਸਾਲਾਂ ਵਿੱਚ 7000 ਨਵੇਂ ਡੇਅਰੀ ਯੂਨਿਟ ਸਥਾਪਿਤ ਕੀਤੇ ਜਾਣਗੇ ਅਤੇ ਡੇਅਰੀ ਸੈਕਟਰ ਦੀ ਉੱਨਤੀ ਨਾਲ ਨੌਜਵਾਨਾਂ ਨੂੰ ਸੂਬੇ ਵਿੱਚ ਸਵੈ-ਰੋਜ਼ਗਾਰ ਦੇ ਨਵੇਂ ਮੌਕੇ ਮਿਲਣਗੇ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਖੇਤੀਬਾੜੀ ਲਾਗਤਾਂ ਘਟਾਉਣ ਲਈ ਮੁੱਢਲੀਆਂ ਸਹਿਕਾਰੀ ਸੁਸਾਇਟੀਆਂ ਦੇ ਪੱਧਰ ਉਤੇ, ਸਬਸਿਡੀ ਵਾਲੇ ਰੇਟਾਂ ਉਤੇ, ਵੱਡੀ ਪੂੰਜੀ ਲਾਗਤ ਵਾਲਾ ਬੁਨਿਆਦੀ ਢਾਂਚਾ ਕਾਇਮ ਕੀਤਾ ਜਾਵੇਗਾ। ਖੇਤੀਬਾੜੀ ਸੰਦਾਂ ਦੀ ਸੁਚੱਜੀ ਵਰਤੋਂ ਲਈ ਸਹਿਕਾਰਤਾ ਵਿਭਾਗ ਵੱਲੋਂ ‘ਕੋਆਪ੍ਰੇਟਿਵ ਮਸ਼ੀਨਰੀ ਟਰੈਕਰ ਐਪਲੀਕੇਸ਼ਨ’ ਵਿਕਸਤ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਣਕ ਦੀ ਪਿਸਾਈ ਤੋਂ ਲੈ ਕੇ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਜਨਤਕ ਵੰਡ ਪ੍ਰਣਾਲੀ ਦੇ ਲਾਭਪਾਤਰੀਆਂ ਦੇ ਘਰ ਤੱਕ ਆਟੇ ਦੀ ਵੰਡ ਯਕੀਨੀ ਬਣਾਉਣ ਲਈ ਮਾਰਕਫੈੱਡ ਨੂੰ ਨੋਡਲ ਏਜੰਸੀ ਬਣਾਇਆ ਗਿਆ।
ਉਨ੍ਹਾਂ ਦੱਸਿਆ ਕਿ ਆਉਣ ਵਾਲੇ ਵਿੱਤੀ ਸਾਲ ਦੌਰਾਨ ਗਿੱਦੜਬਾਹਾ ਵਿੱਚ 150 ਟੀ.ਪੀ.ਡੀ. ਦੀ ਸਮਰੱਥਾ ਵਾਲਾ ਨਵਾਂ ਕੈਟਲ ਫੀਡ ਪਲਾਂਟ ਵੀ ਬਣ ਕੇ ਤਿਆਰ ਹੋ ਜਾਵੇਗਾ।
ਭਗਵੰਤ ਮਾਨ ਨੇ ਕਿਹਾ ਕਿ ਆਪਣੇ ਦੁੱਧ ਉਤਪਾਦਕਾਂ ਦੀ ਮਦਦ ਲਈ ਮਿਲਕਫੈੱਡ ਨੇ ਦੁੱਧ ਖਰੀਦਣ ਦਾ ਮੁੱਲ 20 ਰੁਪਏ ਪ੍ਰਤੀ ਕਿਲੋ ਮਿਲਕ ਫੈਟ ਦੇ ਹਿਸਾਬ ਨਾਲ ਵਧਾ ਦਿੱਤਾ ਹੈ। ਫਿਰੋਜ਼ਪੁਰ, ਜਲੰਧਰ, ਲੁਧਿਆਣਾ ਅਤੇ ਗਡਵਾਸੂ, ਲੁਧਿਆਣਾ ਵਿਖੇ ਨਵੇਂ ਦੁੱਧ ਪ੍ਰਾਸੈਸਿੰਗ ਪਲਾਂਟ ਲਾਏ ਜਾ ਰਹੇ ਹਨ। ਇਸੇ ਤਰ੍ਹਾਂ 50 ਐਮ.ਟੀ.ਪੀ.ਡੀ. ਸਮਰੱਥਾ ਵਾਲੇ ਵੇਰਕਾ ਕੈਟਲ ਫੀਡ ਪਲਾਂਟ ਦੀ ਉਸਾਰੀ ਘਣੀਆ ਕੇ ਬਾਂਗਰ (ਗੁਰਦਾਸਪੁਰ) ਵਿਖੇ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਅਧੀਨ ਦਰਜ ਹਰੇਕ ਲਾਭਪਾਤਰੀ ਨੂੰ ਆਟਾ ਉਸ ਦੇ ਘਰੇ ਪਹੁੰਚਾਉਣ ਦਾ ਵਿਕਲਪ ਦੇਵੇਗੀ। ਜਿਹੜੇ ਲਾਭਪਾਤਰੀ ਐਫ.ਪੀ.ਐਸ. ਤੋਂ ਆਪਣੀ ਬਣਦੀ ਕਣਕ ਦਸਤੀ ਤੌਰ ਉਤੇ ਲੈਣ ਦੇ ਇੱਛੁਕ ਹਨ, ਉਹ ਆਸਾਨੀ ਨਾਲ ਉਪਲਬਧ ਆਈ.ਟੀ. ਤਕਨੀਕ ਰਾਹੀਂ ਇਸ ਵਿਕਲਪ ਨੂੰ ਛੱਡ ਸਕਣਗੇ। ਇਸ ਸਕੀਮ ਰਾਹੀਂ 1,57,75,569 ਲਾਭਪਾਤਰੀਆਂ ਦੇ ਘਰਾਂ ਤੱਕ ਪਹੁੰਚ ਕਰੇਗੀ ਅਤੇ ਉਨ੍ਹਾਂ ਨੂੰ ਚੰਗੀ ਗੁਣਵੱਤਾ ਵਾਲਾ ਆਟਾ ਮੁਹੱਈਆ ਕਰਵਾਏਗੀ।
Bhagwant Maan, Only Agriculture,